ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਸ਼ੈੱਡ ਬਣਾੳੇਣ ਦਾ ਕਾਰਜ ਆਰੰਭ

Jun 13, 2025 - 10:18
Jun 13, 2025 - 11:37
ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਸ਼ੈੱਡ ਬਣਾੳੇਣ ਦਾ ਕਾਰਜ ਆਰੰਭ

ਅੰਮ੍ਰਿਤਸਰ, 13 ਜੂਨ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਇਤਿਹਾਸਕ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸੰਗਤਾਂ ਦੀ ਸਹੂਲਤ ਲਈ ਸ਼ੈੱਡ ਬਨਾਉਣ ਦੀ ਆਰੰਭਤਾ ਅੱਜ ਜੈਕਾਰਿਆਂ ਦੀ ਗੂੰਜ ਵਿਚ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸ਼ੈੱਡ ਸੰਗਤਾਂ ਦੀ ਵੱਡੀ ਆਮਦ ਦੇ ਮੱਦੇਨਜ਼ਰ ਸੰਗਤ ਨੂੰ ਮੌਸਮ ਦੀਆਂ ਮੁਸ਼ਕਲਾਂ ਤੋਂ ਬਚਾਉਣ ਅਤੇ ਸਮਾਗਮਾਂ ਲਈ ਸਹੂਲਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਬਣਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਕਾਰਜ ਦੀ ਸੇਵਾ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਾਲਿਆਂ ਨੂੰ ਸੌਂਪੀ ਗਈ ਹੈ, ਜਿਸ ਦੀ ਆਰੰਭਤਾ ਮੌਕੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਿਸ਼ੇਸ਼ ਤੌਰ ’ਤੇ ਪਹੁੰਚੇ। 

ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਸਿੱਖ ਇਤਿਹਾਸ ਦਾ ਅਹਿਮ ਅਸਥਾਨ ਹੈ, ਜੋ ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਅਣਮੁੱਲੀ ਸ਼ਹਾਦਤ ਦੀ ਯਾਦਗਾਰ ਹੈ। ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ’ਤੇ ਸੰਗਤਾਂ ਦੀ ਵੱਡੀ ਆਮਦ ਨੂੰ ਮੁੱਖ ਰੱਖਦਿਆਂ ਸੰਗਤ ਦੀ ਸਹੂਲਤ ਅਤੇ ਸੇਵਾ ਲਈ ਇਸ ਕਾਰਜ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸ਼ੈੱਡ ਦੀ ਸਥਾਪਨਾ ਨਾਲ ਸੰਗਤਾਂ ਨੂੰ ਗੁਰਮਤਿ ਸਮਾਗਮਾਂ ਦੌਰਾਨ ਬਿਹਤਰ ਸਹੂਲਤਾਂ ਮਿਲਣਗੀਆਂ ਅਤੇ ਸੁੰਦਰਤਾ ਵਿੱਚ ਵੀ ਵਾਧਾ ਹੋਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤਾਂ ਨੂੰ ਇਸ ਕਾਰਜ ਲਈ ਸਹਿਯੋਗ ਕਰਨ ਦੀ ਅਪੀਲ ਕੀਤੀ।

ਇਸ ਮੌਕੇ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਾਲਿਆਂ ਨੇ ਇਸ ਕਾਰਜ ਦੀ ਸੇਵਾ ਸੌਂਪਣ ਲਈ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੰਗਤਾਂ ਦੇ ਸਹਿਯੋਗ ਨਾਲ ਇਸ ਕਾਰਜ ਨੂੰ ਜਲਦ ਮੁਕੰਮਲ ਕੀਤਾ ਜਾਵੇਗਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਜਥੇਦਾਰ ਕੌਰ ਸਿੰਘ, ਸ. ਜਸਮੇਰ ਸਿੰਘ ਲਾਛੜੂ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਸ. ਜਤਿੰਦਰਪਾਲ ਸਿੰਘ, ਮੀਤ ਮੈਨੇਜਰ ਸ. ਜਸਬੀਰ ਸਿੰਘ, ਸ. ਗੁਰਸੇਵਕ ਸਿੰਘ, ਸ. ਸੁਖਦੇਵ ਸਿੰਘ ਤੇ ਹੋਰ ਮੌਜੂਦ ਸਨ।

ਹਰਕਿਰਨ ਜੀਤ ਸਿੰਘ ਰਾਮਗੜ੍ਹੀਆ ਹਰਕਿਰਨ ਜੀਤ ਸਿੰਘ ਰਾਮਗੜ੍ਹੀਆ ਪੰਜਾਬੀ ਭਾਸ਼ਾ ਦੇ ਇਕ ਅਨੁਭਵੀ ਪੱਤਰਕਾਰ ਹਨ, ਜੋ ਹਮੇਸ਼ਾ ਮੀਡੀਆ ਰਾਹੀਂ ਜਮੀਨੀ ਸੱਚਾਈਆਂ ਅਤੇ ਲੋਕਾਂ ਦੀ ਆਵਾਜ਼ ਨੂੰ ਉਜਾਗਰ ਕਰਨ ਲਈ ਪ੍ਰਤਿਬੱਧ ਰਹੇ ਹਨ। ਉਨ੍ਹਾਂ ਕੋਲ ਖੇਤਰੀ ਅਤੇ ਰਾਜ ਸਤਰ ਦੀਆਂ ਖ਼ਬਰਾਂ ਨੂੰ ਕਵਰ ਕਰਨ ਦਾ ਵਰ੍ਹਿਆਂ ਦਾ ਤਜਰਬਾ ਹੈ। ਉਹ ਇਸ ਵੇਲੇ ਪੰਜਾਬੀ ਨਿਊਜ਼ ਵਿਭਾਗ ਵਿੱਚ ਨਿਊਜ਼ ਐਡੀਟਰ ਅਤੇ ਸਟੇਟ ਹੈੱਡ ਵਜੋਂ ਸੇਵਾ ਨਿਭਾ ਰਹੇ ਹਨ।